ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਤਿੰਨ ਨਿਰਮਾਣ ਅਧੀਨ ਸੜਕਾਂ ਦਾ ਕੀਤਾ ਅਚਨਚੇਤ ਨਿਰੀਖਣ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਨਿਰਮਾਣ ਅਧੀਨ ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਦੇ ਨਿਰਮਾਣ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਤੁਰੰਤ ਰੋਕਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਪਟਿਆਲਾ ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੜਕ ਦੇ ਨਮੂਨਿਆਂ ਦੀ ਲੈਬਾਰਟਰੀ ਤੋਂ ਜਾਂਚ ਕਰਵਾਉਣ ਲਈ ਕਿਹਾ। ਉਨ੍ਹਾਂ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਰੁੜਕੀ ਤੋਂ ਰਿਉਣਾ ਪਲੈਨ ਰੋਡ ਦੀ ਵੀ ਜਾਂਚ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਦਾ ਉਦੇਸ਼ ਸੂਬੇ ਭਰ ਵਿੱਚ ਬਣ ਰਹੀਆਂ ਸੜਕਾਂ ਦੀ ਗੁਣਵੱਤਾ ਦੀ ਜਾਂਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ, ਇਸ ਲਈ ਇਹ ਮੁਹਿੰਮ ਸੂਬੇ ਵਿੱਚ ਉੱਚ ਗੁਣਵੱਤਾ ਵਾਲੀਆਂ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਅਚਨਚੇਤ ਜਾਂਚ ਨੂੰ ਜਾਰੀ ਰੱਖਣਗੇ ਕਿਉਂਕਿ ਉਹ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਨ ਕਿ ਜਨਤਕ ਪੈਸੇ ਦੀ ਸਹੀ ਵਰਤੋਂ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਚਨਚੇਤ ਜਾਂਚ ਇਸ ਲਈ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੜਕ ਨਿਰਮਾਣ ਲਈ ਪੈਸੇ ਦੀ ਸਹੀ ਵਰਤੋਂ ਹੋਵੇ ਅਤੇ ਸੜਕਾਂ ਵਧੀਆ ਮਟੀਰੀਅਲ ਨਾਲ ਬਣਨ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਢੁਕਵਾਂ ਤਾਲਮੇਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਸੀਵਰੇਜ ਲਾਈਨਾਂ, ਪੀਣ ਵਾਲੇ ਪਾਣੀ ਦੀਆਂ ਪਾਈਪਾਂ, ਫਾਈਬਰ ਅਤੇ ਹੋਰ ਸਾਰੇ ਕੰਮ ਸੜਕਾਂ ਦੇ ਨਿਰਮਾਣ ਤੋਂ ਪਹਿਲਾਂ ਹੀ ਹੋ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਭਰ ਵਿੱਚ ਨਵੀਆਂ ਬਣੀਆਂ ਸੜਕਾਂ ਨੂੰ ਘੱਟ ਤੋਂ ਘੱਟ ਨੁਕਸਾਨ ਪੁੱਜੇਗਾ, ਜਿਸ ਨਾਲ ਜਨਤਕ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣੇਗੀ।
ਲੋਕਾਂ ਨੂੰ ਜ਼ੋਰਦਾਰ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੜਕਾਂ ਦੇ ਨਿਰਮਾਣ ਦੇ ਚੱਲ ਰਹੇ ਕੰਮ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰਨ ਦੀ ਅਪੀਲ ਕੀਤੀ ਕਿਉਂਕਿ ਇਹ ਲੋਕਾਂ ਦੀ ਆਪਣੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਇਸ ਕੰਮ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਜੇ ਕੋਈ ਬੇਨਿਯਮੀ ਹੁੰਦੀ ਹੈ ਤਾਂ ਉਹ ਸੂਬਾ ਸਰਕਾਰ ਦੇ ਧਿਆਨ ਵਿੱਚ ਲਿਆਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕੰਮ ਵਿੱਚ ਕੁਤਾਹੀ ਕਰਨ ਵਾਲੇ ਠੇਕੇਦਾਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸੜਕ ਨਿਰਮਾਣ ਕਾਰਜ ਨੂੰ ਸ਼ੁਰੂ ਕੀਤਾ ਹੈ, ਜਿਸ ਵਿੱਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੇ ਅੰਤ ਤੱਕ ਸੂਬਾ ਸਰਕਾਰ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 44,920 ਕਿਲੋਮੀਟਰ ਸੜਕਾਂ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੜਕਾਂ ਦੇ ਨਿਰਮਾਣ ਨਾਲ ਪੰਜ ਸਾਲਾਂ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਗਈ ਹੈ, ਜਿਸ ਨਾਲ ਵਿਸ਼ਵ ਪੱਧਰੀ ਸੜਕ ਸੁਰੱਖਿਆ ਮਾਪਦੰਡਾਂ ਦੇ ਨਾਲ-ਨਾਲ ਉੱਚ ਗੁਣਵੱਤਾ ਦੇ ਮਿਆਰ ਯਕੀਨੀ ਬਣਨਗੇ।