ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਹੋਵੇਗੀ ਆਰ-ਪਾਰ ਦੀ ਲੜਾਈ: ਕੇਜਰੀਵਾਲ
ਲੁਧਿਆਣਾ, 18 ਮਾਰਚ
ਇਥੇ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਹੋਵੇਗੀ। ਇਸ ਦੀ ਸ਼ੁਰੂਆਤ ਪਹਿਲੀ ਅਪਰੈਲ ਤੋਂ ਜਨ ਅੰਦੋਲਨ ਨਾਲ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕ ਸਾਡੇ ਪਿੰਡਾਂ ਵਿੱਚ ਨਸ਼ੀਲੇ ਪਦਾਰਥ ਲੈ ਕੇ ਆਏ ਅਤੇ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੀਲੇ ਪਦਾਰਥਾਂ ਦੇ ਫੈਲਾਅ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਨਸ਼ੀਲੇ ਪਦਾਰਥ ਪੰਜਾਬ ਵਿੱਚ ਪੈਦਾ ਨਹੀਂ ਹੋਏ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕਿਸ ਪਾਰਟੀ ਦੇ ਮੰਤਰੀਆਂ ਨੇ ਪੈਸੇ ਲਈ ਹਰ ਘਰ ਵਿੱਚ ਨਸ਼ੀਲੇ ਪਦਾਰਥ ਵੰਡੇ। ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਚਾਰ ਹਫ਼ਤਿਆਂ ਵਿੱਚ ਨਸ਼ੀਲੇ ਪਦਾਰਥਾਂ ਨੂੰ ਖ਼ਤਮ ਕਰਨ ਦੀ ਸਹੁੰ ਖਾਧੀ ਪਰ ਉਹ ਪੰਜ ਸਾਲਾਂ ਤੱਕ ਆਪਣੇ ਘਰੋਂ ਬਾਹਰ ਵੀ ਨਹੀਂ ਨਿਕਲਿਆ ਜਦੋਂਕਿ ਨਸ਼ੀਲੇ ਪਦਾਰਥ ਦਿਨੋਂ ਦਿਨ ਵਧਦੇ ਗਏ। ਪਿਛਲੇ 20 ਦਿਨਾਂ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਨੂੰ ਬੁਲਡੋਜ਼ਰਾਂ ਦੁਆਰਾ ਢਾਹਿਆ ਜਾ ਰਿਹਾ ਹੈ। ਕਰੋੜਾਂ ਰੁਪਏ ਦੇ ਨਸ਼ੇ ਜ਼ਬਤ ਕੀਤੇ ਗਏ ਹਨ। ਪਹਿਲੀ ਵਾਰ ਕਿਸੇ ਸਰਕਾਰ ਨੇ ਇਨ੍ਹਾਂ ਤਸਕਰਾਂ ਦਾ ਸਾਹਮਣਾ ਕਰਨ ਦੀ ਹਿੰਮਤ ਕੀਤੀ ਹੈ। ਪਾਕਿਸਤਾਨ ਦੀ ਧਮਕੀ ’ਤੇ ਕੇਜਰੀਵਾਲ ਨੇ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ’ਚ 70 ਫ਼ੀਸਦੀ ਨਸ਼ੇ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਆਉਂਦੇ ਹਨ। ਇਸ ਦਾ ਮੁਕਾਬਲਾ ਕਰਨ ਲਈ ਐਂਟੀ ਡਰੋਨ ਸਿਸਟਮ ਖ਼ਰੀਦੇ ਜਾ ਰਹੇ ਹਨ। ਇਸ ਤੋਂ ਇਲਾਵਾ ਬੀਐੱਸਐੱਫ ਦੀ ਮਦਦ ਨਾਲ 5000 ਨਵੇਂ ਪੁਲੀਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ। ਨਸ਼ੇ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਉਨ੍ਹਾਂ ਪੰਜਾਬ ਭਰ ਵਿੱਚ ਇਲਾਜ ਸਹੂਲਤਾਂ ਅਤੇ ਖੇਡ ਮੈਦਾਨਾਂ ਦੀ ਉਸਾਰੀ ਦਾ ਵਾਅਦਾ ਕੀਤਾ। ਕੇਜਰੀਵਾਲ ਨੇ ਨਸ਼ਿਆਂ ਦੀ ਲੜਾਈ ਵਿੱਚ ਪੰਜਾਬ ਪੁਲੀਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਹੈਲਪਲਾਈਨ ਨੰਬਰ (9779100200) ’ਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਰਿਪੋਰਟ ਕਰਨ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੀ ਪਛਾਣ ਕਰਨ ਅਤੇ ਢੁਕਵੇਂ ਇਲਾਜ ਨੂੰ ਯਕੀਨੀ ਬਣਾਉਣ ਲਈ ਰਾਜ ਵਿਆਪੀ ਡਰੱਗ ਜਨਗਣਨਾ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਨੂੰ ਅਸੰਭਵ ਬਣਾਉਣ ਲਈ ਸਿਸਟਮ ਵਿੱਚ ਬਦਲਾਅ ਕੀਤੇ ਜਾ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ